ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ : ਧਾਮੀ

In ਪੰਜਾਬ
March 07, 2026

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਨੇ ਬਜਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਇਹ ਫੈਸਲਾ ਲਿਆ ਹੈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕੱਤਰਤਾ ’ਚ ਸਾਲ 2026-2027 ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਸੱਦੇ ਜਾਣ ਦਾ ਫੈਸਲਾ ਹੋਇਆ ਹੈ। ਜਿਸ ਵਿੱਚ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ, ਜਨਰਲ ਬੋਰਡ ਫੰਡ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ, ਧਰਮ ਪਚਾਰ ਕਮੇਟੀ, ਸਿੱਖ ਇਤਿਹਾਸ ਰਿਸਰਚ ਬੋਰਡ ਆਦਿ ਦਾ ਸਾਲਾਨਾ ਬਜਟ ਪਾਸ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕਾਰਜ ਵਿਚਾਰੇ ਜਾਣਗੇ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਬੇਅਦਬੀਆਂ ਦੇ ਮਾਮਲਿਆਂ ਸਬੰਧੀ ਕਾਨੂੰਨ ਬਣਾਉਣ ਲਈ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੂਰਨ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀਆਂ ਦੇ ਮਾਮਲੇ ’ਤੇ ਸਖ਼ਤ ਕਾਨੂੰਨ ਦੀ ਹਮੇਸ਼ਾ ਮੰਗ ਕਰਦੀ ਰਹੀ ਹੈ। ਅੰਤ੍ਰਿੰਗ ਕਮੇਟੀ ਨੇ ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਸਿੱਖ ਬੱਚੀ ਦੀ ਦਸਤਾਰ ਅਤੇ ਕਿਰਪਾਨ ਉਤਾਰੇ ਜਾਣ ਦੀ ਘਟਨਾ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਇਸ ਨੂੰ ਸਿੱਖਾਂ ਦੇ ਮੌਲਿਕ ਅਧਿਕਾਰਾਂ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅੰਦਰ ਧਰਮ ਦੀ ਆਜ਼ਾਦੀ ਲਈ ਮਿਲੇ ਅਧਿਕਾਰਾਂ ਨੂੰ ਪ੍ਰੀਖਿਆਵਾਂ ਸਮੇਂ ਖੋਹਿਆ ਜਾ ਰਿਹਾ ਹੈ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮੀਰ ਸਿੰਘ ਰਸੀਦਾਂ ਤੇ ਟੈਕਸਲਾ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਦੇ ਅਕਾਲ ਚਲਾਣਾ ਕਰ ਜਾਣੇ ’ਤੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ ਆਦਿ ਸ਼ਾਮਲ ਸਨ।

Loading