ਬੇਅਦਬੀਆਂ ਰੋਕਣ ਲਈ ਸਖਤ ਕਾਨੂੰਨ ਬਣਾਵੇ ਸਰਕਾਰ : ਬਾਬਾ ਬਲਬੀਰ ਸਿੰਘ

In ਪੰਜਾਬ
March 23, 2026

ਅੰਮ੍ਰਿਤਸਰ/ਏ.ਟੀ.ਨਿਊਜ਼ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਮਾਨਸਿਕਤਾ ਉੱਤੇ ਡੂੰਘੀ ਸੱਟ ਮਾਰਦੀਆਂ ਹਨ ਜਿਸ ਕਰਕੇ ਸਰਕਾਰਾਂ ਨੂੰ ਤੁਰੰਤ ਬੇਅਦਬੀਆਂ ਰੋਕਣ ਲਈ ਸਖਤ ਕਾਨੂੰਨੀ ਵਿਵਸਥਾ ਸਥਾਪਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਹਰੇਕ ਧਰਮ ਦੇ ਧਾਰਮਿਕ ਗ੍ਰੰਥ ਸਤਿਕਾਰਯੋਗ ਹਨ ਪਰ ਸਿਰਫ ਸਿੱਖ ਧਰਮ ਵਿਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਕੋ-ਇਕ ਅਜਿਹੇ ਪਾਵਨ ਧਾਰਮਿਕ ਗ੍ਰੰਥ ਹਨ, ਜਿਨ੍ਹਾਂ ਨੂੰ ਜਾਗਤ-ਜੋਤਿ ਗੁਰਤਾਗੱਦੀ ਮਿਲੀ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਸੁਪਰੀਮ ਕੋਰਟ ਤੱਕ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ-ਜੋਤਿ ਗੁਰਿਆਈ ਨੂੰ ਸਤਿਕਾਰ ਭੇਟ ਕੀਤਾ ਹੈ ਪਰ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਤੋਂ ਸ਼ੁਰੂ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਹਿਰਦੇ ਵੇਦਕ ਵਰਤਾਰਾ ਹੁਣ ਰੋਜ਼ਾਨਾ ਦੀ ਗੱਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਰੇਕ ਬੇਅਦਬੀ ਦੀ ਘਟਨਾ ਸਿੱਖ ਮਨਾਂ ਨੂੰ ਛਲਣੀ-ਛਲਣੀ ਕਰ ਦਿੰਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਵਿੱਚ ਪੂਰੀ ਤਰ੍ਹਾਂ ਕਾਮਯਾਬ ਨਹੀਂ ਹੋ ਸਕੀਆਂ। ਬਾਬਾ ਬਲਬੀਰ ਸਿੰਘ ਨੇ ਇਹ ਵੀ ਆਖਿਆ ਕਿ ਮੌਜੂਦਾ ਕਾਨੂੰਨੀ ਧਾਰਾਵਾਂ ਬੇਅਦਬੀਆਂ ਦੇ ਅਪਰਾਧੀਆਂ ਨੂੰ ਸਖਤ ਸਜ਼ਾਵਾਂ ਦੇਣ ’ਚ ਅਸਰਦਾਰ ਸਾਬਿਤ ਨਹੀਂ ਹੋ ਰਹੀਆਂ ਹਨ ਜਿਸ ਕਰਕੇ ਇਨ੍ਹਾਂ ਕਾਨੂੰਨੀ ਧਾਰਾਵਾਂ ਵਿੱਚ ਸੋਧ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ-ਜੋਤਿ ਗੁਰਤਾਗੱਦੀ ਦੇ ਸਤਿਕਾਰ ਨੂੰ ਮੁੱਖ ਰੱਖ ਕੇ ਨਵਾਂ ਸਖਤ ਕਾਨੂੰਨ ਬਣਾਉਣਾ ਚਾਹੀਦਾ ਹੈ।

Loading