ਅੰਮ੍ਰਿਤਸਰ/ਏ.ਟੀ.ਨਿਊਜ਼:
ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ, ਸੰਤੋਖਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ।
ਸ਼੍ਰੋਮਣੀ ਕਮੇਟੀ ਵੱਲੋਂ ਸੇਵਕ ਜਥਾ ਇਸ਼ਨਾਨ ਗੁਰਦੁਆਰਾ ਸੰਤੋਖਸਰ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਗੁਰੂ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸੰਤੋਖਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ। ਉਨ੍ਹਾਂ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਵੀ ਕੀਤੀ।
ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌਅ ਵੀ ਸਜਾਏ ਗਏ। ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।
![]()
