ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਤੱਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅਰਦਾਸ ਉਪਰੰਤ ਆਰੰਭ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਇਹ ਸੇਵਾ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਇਸ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੂੰ ਸੌਂਪੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੀ ਆਸਥਾ ਦਾ ਕੇਂਦਰ ਹੈ ਅਤੇ ਹਰ ਸਿੱਖ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਯਤਨਸ਼ੀਲ ਹੈ। ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੰਤਰਿੰਗ ਕਮੇਟੀ ਨੇ ਇਸ ਰਸਤੇ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਦੀ ਅੱਜ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਰਸਤੇ ਨੂੰ ਖੂਬਸੂਰਤ ਤਰੀਕੇ ਨਾਲ ਤਿਆਰ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਰਸਤੇ ਵਿੱਚ ਪੈਦਲ ਚੱਲਣ ਲਈ ਵਿਸ਼ੇਸ਼ ਜਗ੍ਹਾ ਤਿਆਰ ਕਰਨ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਲਈ ਦਰੱਖ਼ਤ ਵੀ ਲਗਾਏ ਜਾਣਗੇ। ਉਨ੍ਹਾਂ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਇਹ ਕਾਰਜ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਅਪੀਲ ਕੀਤੀ।
ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਸੰਗਤਾਂ ਦੀ ਸਹੂਲਤ ਲਈ ਇਹ ਰਸਤਾ ਜਲਦ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਸ ਕਾਰਜ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।
ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਭੁਰੀਵਾਲੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਹੋਰ ਮੌਜੂਦ ਸਨ।
![]()
